ਦਾਰਸ਼ਨਿਕਤਾ ਲਈ ਪਹਿਲੀ ਲੋੜ ਦਲੇਰ ਤੇ ਅਜ਼ਾਦ ਮਨ ਹੁੰਦੀ ਹੈ

Thursday, August 25, 2011

ਜਾਓ ਵੇ ਕੋਈ ਮੋੜ ਲਿਆਓ ਸੁੱਖਾਂ ਭਰੀ ਸਵੇਰ

ਗੋਬਿੰਦਪੁਰਾ 'ਚ ਖੇਤ ਸਾਹੋ ਸਾਹੀ ਹਨ। ਗਲੀਆਂ ਤੇ ਚਬੂਤਰੇ ਵੀ ਉਦਾਸ ਹਨ। ਇਲਮ ਤਾਂ ਪਿੰਡ ਦੀ ਜੂਹ ਨੂੰ ਵੀ ਹੈ। ਜਿਥੋਂ ਲੰਘੇ ਹਨ ਇੱਕ ਕੰਪਨੀ ਵਾਲੇ। ਜਨੌਰ ਵੀ ਤਾਂ ਜਾਣਦੇ ਹਨ ਕੰਡਿਆਲੀ ਤਾਰ ਦੇ ਮਾਹਣੇ। ਚੁਫੇਰਿਓਂ ਘਿਰੀ ਪੈਲੀ ਨੇ ਵੀ ਪੈੜ ਕੱਢ ਲਈ ਹੈ। ਬੋਹਲ਼ ਖੋਹੇ ਜਾਣਗੇ ਪੈਲ਼ੀਆਂ ਦੇ ਪੁੱਤਾਂ ਕੋਲੋਂ। ਹਰ ਘਰ ਦਾ ਬੂਹਾ ਵੀ ਇਸ ਤੋਂ ਜਾਣੀ ਜਾਣ ਹੈ। ਜਿਨ੍ਹਾਂ ਦੀ ਉਮਰ ਆਜ਼ਾਦੀ ਤੋਂ ਵੱਡੀ ਹੈ,ਉਨ੍ਹਾਂ ਦੀ ਜ਼ਿੰਦਗੀ ਘਰਾਂ 'ਚ ਕੈਦ ਹੋਈ ਹੈ। ਜਿਨ੍ਹਾਂ ਨੇ ਜ਼ੁਬਾਨ ਖੋਲ੍ਹੀ,ਉਨ੍ਹਾਂ ਨੂੰ ਜੇਲ੍ਹ ਦਿਖਾ ਦਿੱਤੀ ਗਈ। 'ਆਪਣਿਆਂ' ਦੀ ਜਿੱਦ ਕਿਸਾਨਾਂ ਦੀ ਹਿੱਕ 'ਤੇ ਦੀਵਾ ਬਾਲਣ ਦੀ ਹੈ। ਜਿਨ੍ਹਾਂ ਦੇ ਘਰਾਂ ਦੇ ਦੀਵੇ ਬੁੱਝਦੇ ਹਨ,ਉਹ ਕਦੇ ਟਿੱਕ ਕੇ ਨਹੀਂ ਬੈਠਦੇ। ਜਿਨ੍ਹਾਂ ਦੀ ਪਿੱਠ ਤੇ ਪੂਰਾ ਤਖਤ ਹੈ,ਉਹ ਜ਼ਮੀਨੀ ਹਕੀਕਤ ਤੋਂ ਬੇਖ਼ਬਰ ਹਨ। ਜਦੋਂ ਲੋਕ ਬਿਜਲੀ ਬਣਦੇ ਹਨ ਤਾਂ ਇਹ ਤਖਤ ਵੀ ਹਿੱਲਦੇ ਹਨ। ਕਿਉਂ ਅਣਜਾਣ ਹਨ ਇਸ ਤੋਂ ਪਿਉਨਾ ਕੰਪਨੀ ਵਾਲੇ ਜੋ ਧੰਨੇ ਜੱਟ ਨੂੰ ਘਰੋਂ ਬੇਘਰ ਕਰਨ ਲਈ ਨਿਕਲੇ ਹਨ। ਪੁਲੀਸ ਦੀ ਡਾਂਗ ਹਮੀਦੀ ਵਾਲੇ ਸੁਰਜੀਤ ਸਿੰਘ ਨੂੰ ਲਾਸ਼ ਬਣਾ ਸਕਦੀ ਹੈ। 70 ਵਰ੍ਹਿਆਂ ਦੇ ਬਜ਼ੁਰਗ ਦੀ ਚਿੱਟੀ ਦਾੜ੍ਹੀ ਖੂਨ 'ਚ ਰੰਗ ਸਕਦੀ ਹੈ। ਨੌਜਵਾਨ ਧੀਆਂ ਦੇ ਅਰਮਾਨਾਂ ਨੂੰ ਮਧੋਲ਼ ਸਕਦੀ ਹੈ। ਜ਼ਿੰਦਗੀ ਦੇ ਆਖਰੀ ਮੋੜ ਤੇ ਖੜੀ ਦਾਦੀ ਮਾਂ ਨੂੰ ਗੁਰੂ ਘਰ ਜਾਣੋ ਰੋਕ ਸਕਦੀ ਹੈ। ਪਰ ਉਸ ਸਿਦਕ ਦਾ ਵਾਲ ਵਿੰਗਾ ਨਹੀਂ ਕਰ ਸਕਦੀ ਜੋ ਪਿਉ ਦਾਦਿਆਂ ਨੇ ਇਨ੍ਹਾਂ ਪੈਲ਼ੀਆਂ ਨਾਲ ਨਿਭਾਇਆ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਦੇ ਕਿਸਾਨਾਂ ਦੀ ਉਪਜਾਊ ਜ਼ਮੀਨ ਪਾਵਰ ਪਲਾਂਟ ਵਾਸਤੇ ਜਬਰੀ ਖੋਹੀ ਜਾ ਰਹੀ ਹੈ। ਕਈ ਦਿਨਾਂ ਤੋਂ ਇਹ ਪਿੰਡ ਪੁਲੀਸ ਦੀ ਗੁਲਾਮੀ ਝੱਲ ਰਿਹਾ ਹੈ। ਜਿਨ੍ਹਾਂ ਕਿਸਾਨ ਧਿਰਾਂ ਨੇ ਇਨ੍ਹਾਂ ਦੇ ਹੱਕ ਵਿੱਚ ਨਾਹਰਾ ਲਾਇਆ,ਉਨ੍ਹਾਂ ਨੂੰ 2 ਅਗਸਤ ਦਾ ਦਿਨ ਕਦੇ ਨਹੀਂ ਭੁੱਲੇਗਾ।

ਕੋਈ ਭਰਮ ਹੈ ਤਾਂ ਇਹ ਸਰਕਾਰ ਪਿੰਡ ਬਣਾਂਵਾਲੀ ਦੇ ਗੁਰਦੀਪ ਸਿੰਘ ਤੋਂ ਪੁੱਛ ਲਵੇ। ਗੁਰਦੀਪ ਸਿੰਘ ਦਾ ਸਭ ਕੁਝ ਉੱਜੜ ਗਿਆ ਹੈ। ਤਿੰਨ ਏਕੜ ਦਾ ਮਾਲਕ ਹੁਣ ਦਿਹਾੜੀ ਕਰਦਾ ਹੈ। ਉਸ ਦੀ ਪੁੱਤਾਂ ਨਾਲੋਂ ਪਿਆਰੀ ਜ਼ਮੀਨ ਬਣਾਂਵਾਲੀ ਥਰਮਲ ਲਈ ਐਕੁਆਇਰ ਹੋਈ ਹੈ। ਉਸ ਦੇ ਹੱਥੋਂ ਤਿੰਨ ਏਕੜ ਜ਼ਮੀਨ ਵੀ ਖੁਸ ਗਈ। ਉਪਰੋਂ ਕੋਈ ਧੇਲਾ ਵੀ ਨਹੀਂ ਮਿਲਿਆ ਹੈ। ਜ਼ਮੀਨ ਦਾ ਮਾਲਕ ਹੁਣ ਇਨਸਾਫ ਲਈ ਵਕੀਲਾਂ ਨੂੰ ਫੀਸ ਦੇਣ ਜੋਗਾ ਵੀ ਨਹੀਂ ਰਿਹਾ। ਫਿਰ ਵੀ ਕੋਈ ਸ਼ੱਕ ਹੈ ਤਾਂ ਸਰਕਾਰ ਇਸੇ ਪਿੰਡ ਦੇ ਰਾਜ ਸਿੰਘ ਦੇ ਉਸ ਘਰ 'ਚ ਗੇੜਾ ਮਾਰ ਲਵੇ ਜੋ ਹੁਣ ਵਿਕ ਚੁੱਕਾ ਹੈ। ਜ਼ਮੀਨ ਕਾਹਦੀ ਹੱਥੋਂ ਨਿਕਲੀ,ਉਸ ਲਈ ਪੰਜਾਬ ਹੀ ਬੇਗਾਨਾ ਹੋ ਗਿਆ। ਹੁਣ ਉਹ ਪੰਜਾਬ ਚੋਂ ਹਿਜਰਤ ਕਰ ਗਿਆ ਹੈ। ਕੇਂਦਰ ਸਰਕਾਰ ਵਲੋਂ ਸਾਲ 2007 ਵਿੱਚ 367 ਸਪੈਸ਼ਲ ਆਰਥਿਕ ਜ਼ੋਨਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਨ੍ਹਾਂ ਲਈ ਕਿਸਾਨਾਂ ਦੀ ਪੈਲੀ ਹੀ ਐਕੁਆਇਰ ਹੋਣੀ ਹੈ। ਵਿਕਾਸ ਪ੍ਰੋਜੈਕਟਾਂ ਲਈ ਜ਼ਮੀਨ ਜ਼ਰੂਰੀ ਹੈ ਤਾਂ ਇਹੋ ਨੇਤਾ ਆਪਣੇ ਪਿੰਡਾਂ ਤੋਂ ਇਸ ਦੀ ਸ਼ੁਰੂਆਤ ਕਰਨ। ਜਿਨ੍ਹਾਂ ਦੀ ਜ਼ਮੀਨ ਪਿਛੇ ਇਹ ਨੇਤਾ ਲੋਕ ਹੱਥ ਧੋ ਕੇ ਪਏ ਹਨ,ਉਹ ਇਕੱਲੀ ਹਾਕਮ ਧਿਰ ਨੂੰ ਨਹੀਂ ਜਾਣਦੇ,ਉਹ ਤਾਂ ਪਟਿਆਲਾ ਵਾਲੇ ਮਹਾਰਾਜੇ ਦੀ ਵੀ ਰਮਜ਼ ਪਹਿਚਾਣਦੇ ਹਨ ਜਿਸ ਨੂੰ ਚੋਣਾਂ ਨੇੜੇ ਵੀ ਲੋਕਾਂ ਦਾ ਖਿਆਲ ਨਹੀਂ। ਮਹਾਰਾਜਾ ਸਾਹਿਬ ਆਖਦੇ ਹਨ ਕਿ ਜ਼ਮੀਨ ਤਾਂ ਸਰਕਾਰ ਲੈ ਲਵੇ ਪਰ ਜ਼ਮੀਨ ਦਾ ਮੁੱਲ ਥੋੜਾ ਹੋਰ ਦੇ ਦੇਵੇ। ਕਾਂਗਰਸੀ ਨੇਤਾ ਆਖਦੇ ਹਨ ਕਿ ਜੇ ਗੋਬਿੰਦਪੁਰਾ 'ਚ ਹੈਲੀਪੈਡ ਬਣਿਆ ਹੁੰਦਾ ਤਾਂ ਰਾਜਾ ਸਾਹਿਬ ਜ਼ਰੂਰ ਆਉਂਦੇ। ਆਖਰ ਇਨ੍ਹਾਂ ਕਿਸਾਨਾਂ ਦੀ ਟੇਕ ਤਾਂ ਆਪਣੇ ਕਿਸਾਨ ਭਰਾਵਾਂ 'ਤੇ ਹੈ ਜੋ ਕਿਸਾਨ ਧਿਰਾਂ ਦੇ ਰੂਪ ਵਿੱਚ ਉਨ੍ਹਾਂ ਦੀ ਬਿਪਤਾ 'ਚ ਖੜ੍ਹੇ ਹਨ। ਉਪਰੋਂ ਚੋਣਾਂ ਦਾ ਝਮੇਲਾ ਨਾ ਹੁੰਦਾ ਤਾਂ ਹਾਕਮ ਧਿਰ ਨੇ ਆਪਣੀ ਤਾਕਤ ਹੋਰ ਵੀ ਦਿਖਾਉਣੀ ਸੀ। ਕੁਝ ਵੀ ਹੋਵੇ, ਪੁਲੀਸ ਅਫਸਰਾਂ ਨੇ ਪਿਉਨਾ ਕੰਪਨੀ ਵਲੋਂ ਬੁਢਲਾਡਾ 'ਚ ਦਿੱਤੀ ਦਾਅਵਤ ਦਾ ਮੁੱਲ ਤਾਂ ਫਿਰ ਵੀ ਮੋੜ ਹੀ ਦਿੱਤਾ ਹੈ।

ਆਓ ਆਜ਼ਾਦੀ ਦਿਹਾੜੇ ਮੌਕੇ ਉਨ੍ਹਾਂ ਘਰਾਂ ਨੂੰ ਵੀ ਦੇਖੀਏ ਜਿਨ੍ਹਾਂ ਨੂੰ ਜਿੰਦਰੇ ਵੱਜ ਗਏ ਹਨ। ਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਚੜ੍ਹਤ ਸਿੰਘ 'ਚ ਚਾਰ ਕਿਸਾਨਾਂ ਦੇ ਬੂਹੇ ਸਦਾ ਲਈ ਬੰਦ ਹੋ ਗਏ ਹਨ। ਹੋਣੀ ਦੀ ਮਾਰ ਤੋਂ ਇਕੱਲੇ ਜਿੰਦਰੇ ਬਚੇ ਸਨ ਜਿਨ੍ਹਾਂ ਨੂੰ ਹੁਣ ਜੰਗਾਲ ਪੈ ਗਈ ਹੈ। ਇਨ੍ਹਾਂ ਘਰਾਂ ਦੇ ਮਾਲਕ ਜ਼ਿੰਦਗੀ ਹੱਥੋਂ ਹਾਰੇ ਹਨ। ਜਦੋਂ ਉਨ੍ਹਾਂ ਦੇ ਖੇਤ ਰੁੱਸ ਗਏ ਤਾਂ ਪੈਲ਼ੀਆਂ ਦੇ ਵਾਰਸ ਖ਼ੁਦਕੁਸ਼ੀ ਦੇ ਰਾਹ ਪੈ ਗਏ। ਇਨ੍ਹਾਂ ਪਰਵਾਰਾਂ ਦੇ ਇੱਕ ਇੱਕ ਕਰਕੇ ਸਭ ਜੀਅ ਕਿਰ ਗਏ। ਆਖਰ ਇਨ੍ਹਾਂ ਘਰਾਂ ਦੇ ਪੱਲੇ ਇਕੱਲੇ ਜਿੰਦਰੇ ਬਚੇ ਹਨ। ਇਨ੍ਹਾਂ ਜਿੰਦਰਿਆਂ 'ਚ ਜਾਨ ਹੁੰਦੀ ਤਾਂ ਇਹ ਜਿੰਦਰੇ ਸੰਗਤ ਦਰਸ਼ਨਾਂ 'ਚ ਜਰੂਰ ਪੇਸ਼ ਹੁੰਦੇ। ਦੱਸਦੇ ਕਿ ਉਨ੍ਹਾਂ ਦੇ ਘਰਾਂ ਦੇ ਮਾਲਕਾਂ ਨਾਲ ਕਿੰਂਝ ਬੀਤੀ। ਪੁੱਛਦੇ ਕਿ ਕਿਉਂ ਭੱਜੇ ਉਨ੍ਹਾਂ ਦੇ ਮਾਲਕ ਗੱਡੀ ਦੀਆਂ ਲਾਈਨਾਂ ਵੱਲ। ਗੱਦੀ ਵਾਲਿਆਂ ਨੂੰ ਦਰਦ ਹੁੰਦਾ ਤਾਂ ਇਨ੍ਹਾਂ ਘਰਾਂ ਦੇ ਬੂਹੇ ਬੰਦ ਹੀ ਨਹੀਂ ਹੋਣੇ ਸਨ। ਪੰਜਾਬ ਸਰਕਾਰ ਨੇ ਕੇਂਦਰ ਨੂੰ ਦੱਸਿਆ ਹੈ ਕਿ ਪੰਜਾਬ 'ਚ ਚਾਰ ਵਰ੍ਹਿਆਂ 'ਚ ਕੇਵਲ 55 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਹਜ਼ਾਰਾਂ ਘਰਾਂ 'ਚ ਵਿਛੇ ਸੱਥਰਾਂ ਦਾ ਇਨ੍ਹਾਂ ਨੂੰ ਚੇਤਾ ਭੁੱਲ ਗਿਆ ਹੈ। ਪਿਛਲੇ ਦਿਨਾਂ 'ਚ ਸਰਕਾਰ ਨੇ ਲੰਘੀਆਂ ਅਸੈਂਬਲੀ ਤੇ ਲੋਕ ਸਭਾ ਚੋਣਾਂ 'ਚ ਪਈਆਂ ਵੋਟਾਂ ਦਾ ਪਿੰਡ ਵਾਈਜ ਅੰਕੜਾ 15 ਦਿਨਾਂ 'ਚ ਇਕੱਠਾ ਕਰ ਲਿਆ ਹੈ। ਪਰ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦਾ ਸਰਵੇ 10 ਵਰ੍ਹਿਆਂ ਤੋਂ ਚੱਲ ਰਿਹਾ ਹੈ।

ਕੇਂਦਰ ਸਰਕਾਰ ਆਖਦੀ ਹੈ ਕਿ ਹਾਲੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਘੱਟ ਹੈ। ਜਦੋਂ ਗਿਣਤੀ ਵਿਦਰਭਾ ਦੇ ਕਿਸਾਨਾਂ ਜਿੰਨੀ ਹੋ ਗਈ,ਉਦੋਂ ਪੈਕੇਜ ਦੇਵਾਂਗੇ। ਹੁਣ ਆਜ਼ਾਦੀ ਹੀ ਦੱਸੇ ਕਿ ਕਿਸਾਨ ਕੀ ਕਰਨ,ਕੇਂਦਰ ਦੇ ਅੰਕੜੇ ਪੂਰੇ ਕਰਨ ਜਾਂ ਫਿਰ ਲੋਕ ਘੋਲਾਂ ਵੱਲ ਜਾਂਦੀ ਡੰਡੀ 'ਤੇ ਤੁਰਨ। ਪੂਰੇ ਦੇਸ਼ ਦਾ ਅੰਨਦਾਤਾ ਫਿਰ ਵੀ ਕਿਉਂ ਇਨ੍ਹਾਂ ਦੀਆਂ ਅੱਖਾਂ 'ਚ ਰੜਕ ਰਿਹਾ ਹੈ। ਪੰਜਾਬ ਦੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਪਾਣੀ ਦਿੱਤੇ ਜਾਣ ਦੀ ਚਾਰੇ ਪਾਸੇ ਡਫਲੀ ਵਜਾਈ ਜਾ ਰਹੀ ਹੈ। ਕਾਰਖ਼ਾਨੇਦਾਰਾਂ ਨੂੰ ਕਿੰਨੀ ਵੱਡੀ ਛੋਟ ਦਿੱਤੀ ਗਈ ਹੈ,ਕੋਈ ਚਰਚਾ ਨਹੀਂ ਹੁੰਦੀ। ਆਪਣੀ ਹਕੂਮਤ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਵੱਡਿਆਂ ਦੇ ਕਾਰਖ਼ਾਨੇਦਾਰਾਂ ਨੂੰ ਕਰੋੜਾਂ ਦੀ ਮੁਆਫ਼ੀ ਦੇ ਦਿੱਤੀ। ਮੌਜੂਦਾ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਪ੍ਰੋਜੈਕਟਾਂ 'ਚ ਮੂੰਹੋਂ ਮੰਗੀ ਛੋਟ ਦੇ ਦਿੱਤੀ ਹੈ। ਕਿਸਾਨਾਂ ਨੂੰ ਤਾਂ ਇਨ੍ਹਾਂ ਸਹਾਰਾ ਵੀ ਨਹੀਂ ਦਿੱਤਾ ਜਾਂਦਾ। ਵਿਦਰਭਾ ਦੇ ਕਿਸਾਨ ਆਖਦੇ ਹਨ ਕਿ ਉਹ ਅਗਲੇ ਜਨਮ ਵਿੱਚ ਯੂਰਪੀ ਗਾਂ ਬਣਨਾ ਪਸੰਦ ਕਰਨਗੇ ਕਿਉਂਕਿ ਉਨ੍ਹਾਂ ਦੇ ਇਸ ਜਾਮੇ ਨਾਲੋਂ ਤਾਂ ਯੂਰਪੀ ਗਾਂ ਚੰਗੀ ਹੈ ਜਿਸ ਨੂੰ ਦੋ ਡਾਲਰ ਪ੍ਰਤੀ ਦਿਨ ਸਬਸਿਡੀ ਮਿਲਦੀ ਹੈ। ਯੂਰਪੀ ਗਾਂ ਨੂੰ ਤਾਂ ਛੱਡੋ, ਕਿਸਾਨਾਂ ਦੇ ਇਸ ਜਨਮ ਨਾਲੋਂ ਤਾਂ ਬਠਿੰਡਾ ਵਾਲੇ ਡੀ.ਸੀ ਦੀ ਗਾਂ ਚੰਗੀ ਹੈ,ਜਿਸ ਨੂੰ ਕੋਈ ਤੋਟ ਨਹੀਂ ਰਹਿੰਦੀ। ਸੁਣਿਐ ਹੈ ਕਿ ਸ਼ਹਿਰੀ ਪਟਵਾਰੀ ਏਨੀ ਸੇਵਾ ਤਾਂ ਆਪਣੇ 'ਗਾਹਕਾਂ' ਦੀ ਨਹੀਂ ਕਰਦੇ ਜਿੰਨੀ ਸੇਵਾ ਇਸ ਗਾਂ ਦੀ ਕਰਦੇ ਹਨ। ਹੁਣ ਤਾਂ ਸਰਕਾਰ ਨੇ ਇਸ ਗਾਂ ਲਈ ਨਵਾਂ ਕਮਰਾ ਵੀ ਪਾ ਦਿੱਤਾ ਹੈ।

ਦੱਸੋ ਭਲਾ ਇਹ ਕਿਹੋ ਜੇਹੀ ਆਜ਼ਾਦੀ ਹੈ। ਜਿਥੇ ਵੱਡਿਆਂ ਨੂੰ ਸਭ ਕੁਝ ਕਰਨ ਦੀ ਖੁੱਲ੍ਹ ਹੈ। ਨਿਤਾਣਿਆਂ ਦੇ ਹਿੱਸੇ ਤਾਂ ਆਜ਼ਾਦੀ ਆਈ ਹੀ ਨਹੀਂ। ਸਰਕਾਰਾਂ ਵਾਲੇ ਆਖਦੇ ਹਨ ਕਿ ਆਜ਼ਾਦੀ ਤਾਂ ਹੈ। ਭਾਰਤ ਦੇ 48 ਲੱਖ ਲੋਕਾਂ ਨੂੰ ਨੀਲੇ ਅਸਮਾਨ ਹੇਠ ਸੌਣ ਦੀ। ਵਿਧਵਾ ਔਰਤਾਂ ਨੂੰ ਦਰ ਦਰ ਰੌਣ ਦੀ। ਸਭ ਕੁਝ ਗੁਆ ਬੈਠੇ ਬੱਚਿਆਂ ਨੂੰ ਰੇਲਵੇ ਸਟੇਸ਼ਨਾਂ 'ਤੇ ਘੁੰਮਣ ਦੀ। ਮਰੀਜ਼ਾਂ ਨੂੰ ਬਿਨ੍ਹਾਂ ਇਲਾਜ ਤੋਂ ਮਰਨ ਦੀ। ਪੰਜਾਬ ਦੇ ਹੁਕਮਰਾਨਾਂ ਨੇ ਤਾਂ ਉਦੋਂ ਵੀ ਆਜ਼ਾਦੀ ਦੀ ਗੱਲ ਕੀਤੀ ਜਦੋਂ ਕੇਂਦਰ ਸਰਕਾਰ ਨੇ ਬਾਬਾ ਰਾਮਦੇਵ ਦੀ ਕੁੱਟਮਾਰ ਕਰ ਦਿੱਤੀ ਸੀ। ਇੱਕ ਨਿਊਜ ਚੈਨਲ 'ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਖ ਰਹੇ ਸਨ ਕਿ ਜਮਹੂਰੀ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਬਾਬਾ ਰਾਮਦੇਵ 'ਤੇ ਪੁਲੀਸ ਨੇ ਜਿਆਦਤੀ ਕੀਤੀ ਹੈ,ਜਿੰਨੀ ਨਿੰਦਾ ਕੀਤੀ ਜਾਵੇ, ਉਨ੍ਹੀਂ ਥੋੜੀ ਹੈ। ਉਸੇ ਸ਼ਾਮ ਲੰਬੀ 'ਚ ਬੇਰੁਜ਼ਗਾਰਾਂ ਦੇ ਪ੍ਰਦਰਸ਼ਨ 'ਤੇ ਲੰਬੀ ਪੁਲੀਸ ਨੇ ਕਹਿਰ ਵਰਤਾ ਦਿੱਤਾ,ਉਸ ਬਾਰੇ ਕੋਈ ਬਿਆਨ ਨਸ਼ਰ ਨਹੀਂ ਹੋਇਆ। ਹੈ ਨਾ ਇਹ ਕਲਾਬਾਜ਼ੀ ਜਿਸ 'ਚ ਪੰਜਾਬ ਦੇ ਲੀਡਰਾਂ ਦੀ ਕੋਈ ਰੀਸ ਨਹੀਂ। ਅੱਜ ਕੱਲ ਮਨਪ੍ਰੀਤ ਬਾਦਲ ਪ੍ਰਵਾਸੀ ਭਾਰਤੀਆਂ ਨੂੰ ਪੰਜਾਬ ਬਚਾਉਣ ਦਾ ਸੱਦਾ ਦੇ ਰਹੇ ਹਨ। ਉਹ ਆਪਣਾ ਹਿਸਾਬ ਕਿਤਾਬ ਨਹੀਂ ਦਿੰਦੇ। ਗੱਲ ਸੁਣਾ ਕੇ ਅੱਗੇ ਤੁਰ ਜਾਂਦੇ ਹਨ। ਮਨਪ੍ਰੀਤ ਬਾਦਲ 16 ਵਰ੍ਹੇ ਪੰਜਾਬ ਦੇ ਵਿਧਾਇਕ ਰਹੇ,ਉਨ੍ਹਾਂ ਨੇ ਪੰਜਾਬ ਲਈ ਕੀ ਕੀ ਕੀਤਾ,ਇਹ ਵੀ ਪੰਜਾਬ ਦੀ ਜੰਤਾਂ ਜਾਣਨਾ ਚਾਹੁੰਦੀ ਹੈ। ਭਾਸ਼ਨ ਕਲਾ 'ਚ ਮਨਪ੍ਰੀਤ ਤੋਂ ਸਭ ਪਿਛੇ ਹਨ। ਤਾਹੀਓਂ ਤਾਂ ਬਲਵੰਤ ਸਿੰਘ ਰਾਮੂਵਾਲੀਏ ਨੇ ਆਖਿਆ ਸੀ ਕਿ ਇਸ ਨਾਲ ਤਾਂ ਮੇਰੇ ਵਾਲੀ ਹੋਊ। ਕਿਸ ਨਾਲ ਕੀ ਕੀ ਹੋਣੀ ਹੈ,ਅੱਗੇ ਪਤਾ ਲੱਗ ਜਾਏਗਾ ਕਿਉਂਕਿ ਅੱਗੇ ਮੌਸਮ ਚੋਣਾਂ ਦਾ ਹੈ।

ਭਾਜਪਾ ਦੇ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਇਸ ਗੱਲੋਂ ਖੁਸ਼ ਹਨ ਕਿ ਹਵਾਈ ਜਹਾਜ਼ਾਂ ਵਾਲੇ ਤੇਲ ਤੇ ਵੈਟ ਘਟਾ ਕੇ ਉਸ ਦੀ ਗੱਲ ਪੰਜਾਬ ਸਰਕਾਰ ਨੇ ਮੰਨ ਲਈ ਹੈ। ਫੁਰਸਤ ਮਿਲੇ ਤਾਂ ਕਦੇ ਇੱਧਰ ਮਾਲਵੇ 'ਚ ਵੀ ਫੇਰਾ ਪਾਉਣ ਸਿੱਧੂ ਸਾਹਿਬ,ਜਿਥੋਂ ਦੇ ਕਿਸਾਨਾਂ ਨੂੰ ਡੀਜ਼ਲ ਲੈਣ ਵਾਸਤੇ ਸ਼ਾਹੂਕਾਰਾਂ ਤੋਂ ਅੱਜ ਵੀ ਪਰਚੀ ਲੈਣੀ ਪੈਂਦੀ ਹੈ। ਕਿਸਾਨਾਂ ਦੇ ਨੇਤਾ ਅਜਮੇਰ ਸਿੰਘ ਲੱਖੋਵਾਲ ਵੀ ਤਾਂ ਇਹ ਸਭ ਕੁਝ ਜਾਣਦੇ ਹੀ ਹਨ ਜਿਨ੍ਹਾਂ ਨੂੰ ਚੇਅਰਮੈਨੀ ਦੇ ਨਾਲ ਨਾਲ ਸਰਕਾਰ ਨੇ ਇੱਕ ਕੈਮਰੀ ਗੱਡੀ ਤੇ ਇੱਕ ਲੰਮੀ ਕਾਰ ਦਿੱਤੀ ਹੋਈ ਹੈ। ਆਜ਼ਾਦੀ ਨੇ ਤਾਂ ਇਹੋ ਜੇਹੀਆਂ ਲੰਮੀਆਂ ਕਾਰਾਂ ਪਿਛੇ ਤਾਂ ਲੇਬਰ ਚੌਂਕ ਦੇ ਮਜ਼ਦੂਰ ਵੀ ਦੌੜਦੇ ਦੇਖੇ ਹਨ ਜਿਨ੍ਹਾਂ ਨੂੰ ਘਰ ਉਡੀਕਦੇ ਬੱਚਿਆਂ ਦਾ ਝੋਰਾ ਹੁੰਦਾ ਹੈ। ਉਨ੍ਹਾਂ ਦਾ ਮਸਲਾ ਸਿਰਫ਼ ਦਿਹਾੜੀ ਦਾ ਹੁੰਦਾ ਹੈ। ਅੱਗੇ ਚੋਣਾਂ ਸਿਰ 'ਤੇ ਹਨ ਜਿਨ੍ਹਾਂ 'ਚ ਲੀਡਰ ਇਨ੍ਹਾਂ ਮਜ਼ਦੂਰਾਂ ਦਾ,ਕਿਸਾਨਾਂ ਦਾ,ਵਿਧਵਾ ਔਰਤਾਂ ਦਾ,ਮੰਜਿਆਂ 'ਚ ਪਏ ਮਰੀਜ਼ਾਂ ਨਾਲ ਹੇਜ ਕਰਨ ਦੀ ਨੌਟੰਕੀ ਕਰਨਗੇ। ਹਾਕਮ ਧਿਰ ਪੈਸੇ ਦਾ ਜ਼ੋਰ ਦਿਖਾਏਗੀ। ਇਹ ਸਮਾਂ ਪੈਸੇ ਵਾਲਿਆਂ ਨੂੰ ਦੱਸਣ ਲਈ ਢੁਕਵਾਂ ਹੋਵੇਗਾ ਕਿ ਉਹ ਵਿਕਾਊ ਮਾਲ ਨਹੀਂ, ਭਾਂਡੇ ਵਿਕਵਾ ਦੇਣ ਦੀ ਤਾਕਤ ਵੀ ਰੱਖਦੇ ਹਨ। ਜਦੋਂ ਵਿਹੜਿਆਂ 'ਚ ਕਾਂਗਰਸੀ ਵਿਧਾਇਕ ਆਉਣ ਤਾਂ ਉਨ੍ਹਾਂ ਨੂੰ ਪੁੱਛਣਾ ਕਿ ਕਿਉਂ ਤੁਸੀਂ ਸੁੱਤੇ ਰਹੇ। ਪੌਣੇ ਪੰਜ ਵਰ੍ਹਿਆਂ ਦਾ ਹਿਸਾਬ ਕਿਤਾਬ ਮੰਗਣਾ। ਜਦੋਂ ਲੋਕ ਤਾਕਤ ਹੀਆ ਕਰੇਗੀ ਤਾਂ ਇਨ੍ਹਾਂ ਦੀ ਅਕਲ ਵੀ ਟਿਕਾਣੇ ਆ ਜਾਏਗੀ।

ਆਜ਼ਾਦੀ ਤੇ ਕਾਹਦਾ ਗਿਲਾ। ਇਹ ਤਾਂ ਖੁਦ ਪਰੇਸ਼ਾਨ ਹੈ। ਫਿਰ ਕਿਉਂ ਨਾ ਇਸ ਮੌਕੇ ਤੇ ਪ੍ਰਣ ਕੀਤਾ ਜਾਵੇ। ਲੋਕ ਰਾਜ਼ੀ ਢਾਂਚੇ ਨੂੰ ਬਿਹਤਰ ਬਣਾਉਣ ਦਾ। ਢੌਂਗੀ ਨੇਤਾਵਾਂ ਨੂੰ ਠੁਕਰਾਉਣ ਦਾ। ਜਦੋਂ ਤੁਸੀਂ ਵੋਟ ਦਸ ਵਾਰੀ ਸੋਚ ਸਮਝ ਕੇ ਪਾਓਗੇ ਤਾਂ ਫਿਰ ਜ਼ਰੂਰ ਇਹ ਨੇਤਾ ਵੀ ਸੋਚਾਂ 'ਚ ਪੈਣਗੇ। ਨਹੀਂ ਤਾਂ ਫਿਰ ਤੁਹਾਡੀ ਤਕਦੀਰ ਦੇ ਮਾਲਕ ਇਹੋ ਚੰਦ ਕੁ ਨੇਤਾ ਬਣੇ ਰਹਿਣਗੇ ਜਿਨ੍ਹਾਂ ਕੋਲ ਵਿਦੇਸ਼ੀ ਦੌਰੇ ਕਰਨ ਦੀ ਤਾਂ ਵਿਹਲ ਹੈ,ਖ਼ੁਦਕੁਸ਼ੀ ਕਰ ਗਏ ਕਿਸਾਨਾਂ ਦੇ ਭੋਗਾਂ 'ਤੇ ਦਰਦ ਵੰਡਾਉਣ ਦਾ ਸਮਾਂ ਨਹੀਂ। ਲੋਕ ਰਾਜ ਹੀ ਅਜਿਹਾ ਪ੍ਰਬੰਧ ਹੈ ਕਿ ਜਿਸ 'ਚ ਲੋਕ ਹੀ ਖੁਦ ਆਪਣੇ ਭਾਗ ਲਿਖਦੇ ਹਨ। ਏਦਾ ਹੈ ਤਾਂ ਫਿਰ ਚੋਣਾਂ ਮੌਕੇ ਕਿਉਂ ਨਾ ਥੋੜੀ ਸੋਚ ਵਿਚਾਰ ਕੇ ਆਪਣੀ ਵੋਟ ਦੀ ਸ਼ਕਤੀ ਵਰਤੀ ਜਾਵੇ ਤਾਂ ਜੋ ਆਜ਼ਾਦੀ ਨੂੰ ਵੀ 'ਆਪਣਾ ਘਰ' ਹੋਣ ਦਾ ਅਹਿਸਾਸ ਹੋ ਸਕੇ। ਉਨ੍ਹਾਂ ਸ਼ਹੀਦਾਂ ਦੀ ਰੂਹ ਨੂੰ ਵੀ ਸਕੂਨ ਮਿਲੇ ਜਿਨ੍ਹਾਂ ਨੇ ਇਸ ਆਜ਼ਾਦੀ ਖਾਤਰ ਆਪਣੀ ਜ਼ਿੰਦਗੀ ਲੇਖੇ ਲਾ ਦਿੱਤੀ। ਸੱਚੀ ਸਰਧਾਂਜਲੀ ਇਨ੍ਹਾਂ ਸ਼ਹੀਦਾਂ ਨੂੰ ਇਹੋ ਹੋਵੇਗੀ ਕਿ ਜਮਹੂਰੀਅਤ ਦੇ ਉਲਝੇ ਤਾਣੇ ਬਾਣੇ ਦੀ ਗੁੰਝਲ ਨੂੰ ਕੱਢੀਏ। ਇੱਕ ਅਜਿਹੀ ਲੋਕ ਰਾਜ਼ੀ ਚਾਦਰ ਤਿਆਰ ਕਰੀਏ ਜਿਸ ਦੇ ਹੇਠਾਂ ਹਰ ਛੋਟਾ ਵੱਡਾ ਸੁਰੱਖਿਅਤ ਮਹਿਸੂਸ ਕਰੇ।

ਚਰਨਜੀਤ ਭੁੱਲਰ
ਲੇਖ਼ਕ ਸੀਨੀਅਰ ਪੱਤਰਕਾਰ ਹਨ।

No comments:

Post a Comment